ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨੂੰ 15 ਨਵੰਬਰ ਤੱਕ ਸੂਬੇ ਨੂੰ ਅਲਾਟ ਕੀਤੀ ਡੀ.ਏ.ਪੀ. ਖਾਦ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੱਢਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਪੂਲ ਵਿੱਚ ਕਣਕ ਦੀ ਸਪਲਾਈ ‘ਚ ਲਗਭਗ 50 ਫੀਸਦ ਯੋਗਦਾਨ ਦਿੰਦਾ ਹੈ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਕਣਕ ਦੀ ਕਾਸ਼ਤ ਲਈ ਲੋੜੀਂਦੀ ਮੂਲ ਸਮੱਗਰੀ ਹੈ ਅਤੇ ਇਸ ਸਾਲ ਕਣਕ ਦੀ ਬਿਜਾਈ ਲਈ ਸੂਬੇ ਵਿੱਚ 4.80 ਲੱਖ ਮੀਟ੍ਰਿਕ ਟਨ ਡੀ.ਏ.ਪੀ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮਝਦੇ ਹਨ ਕਿ 70 ਫੀਸਦ ਡੀ.ਏ.ਪੀ ਦੂਜੇ ਦੇਸ਼ਾਂ ਤੋਂ ਦਰਾਮਦ ਕੀਤੀ ਜਾਂਦੀ ਹੈ, ਇਸ ਲਈ ਯੂਕਰੇਨ ਯੁੱਧ ਅਤੇ ਹੋਰ ਅੰਤਰਰਾਸ਼ਟਰੀ ਕਾਰਨਾਂ ਕਰਕੇ ਡੀ.ਏ.ਪੀ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ, ਸੂਬੇ ਵਿੱਚ ਡੀ.ਏ.ਪੀ ਦੀ ਜ਼ਰੂਰਤ ਮੁੱਖ ਤੌਰ 'ਤੇ 15 ਨਵੰਬਰ ਤੱਕ ਹੈ, ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬਾਕੀ ਰਾਜਾਂ ਦੇ ਮੁਕਾਬਲੇ, ਜਿੱਥੇ ਡੀ.ਏ.ਪੀ ਦੀ ਜ਼ਰੂਰਤ ਬਾਅਦ ਵਿੱਚ ਪੈਂਦੀ ਹੈ, ਪੰਜਾਬ ਨੂੰ ਡੀ.ਏ.ਪੀ ਦੀ ਅਲਾਟਮੈਂਟ ਵਿੱਚ ਪਹਿਲ ਦੇਵੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 25-10-2024 ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚ ਚਾਰ ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਚੱਲ ਰਹੇ ਹਨ।